ਮੰਗਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਹੜਤਾਲ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਹੜਤਾਲ ਦੇ ਦਿੱਤੇ ਸੱਦੇ ਤਹਿਤ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਤੇ ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਮੁਕੰਮਲ ਹੜਤਾਲ ਹੋਈ ਤੇ ਗੁਰੂ ਨਾਨਕ ਕਾਲਜ ਤੇ ਸ੍ਰੀ ਮੁਕਤਸਰ ਦੀਆਂ ਹੋਰ ਵਿੱਦਿਅਕ ਸੰਸਥਾਵਾਂ ਵਿਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਸਕੱਤਰ ਗਗਨ ਸੰਗਰਾਮੀ ਨੇ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ, ਲੜਕੀਆਂ ਦੀ ਪੀ.ਐੱਚ.ਡੀ. ਤੱਕ ਸਿੱਖਿਆ ਮੁਫ਼ਤ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿਚ ਜਥੇਬੰਦੀ ਵਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੇ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਸਰਕਾਰ ਦੇ ਿਖ਼ਲਾਫ਼ ਆਪਣਾ ਰੋਸ ਪ੍ਰਗਟ ਕੀਤਾ । ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ ਤੇ ਸਕੱਤਰ ਸਤਵੀਰ ਕੌਰ ਨੇ ਕਿਹਾ ਕਿ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਨਿੱਜੀਕਰਨ ਤਹਿਤ ਪ੍ਰਾਈਵੇਟ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ । ਆਗੂਆਂ ਨੇ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਜੇਕਰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ, ਤਾਂ ਇਸ ਨਾਲ ਐੱਸ. ਸੀ. ਵਿਦਿਆਰਥੀਆਂ ਦੀ ਫ਼ੀਸ ਮੁਆਫ਼ੀ ਤੋਂ ਇਲਾਵਾ ਓ. ਬੀ. ਸੀ. ਵਰਗ, ਛੋਟੇ ਵਪਾਰੀ, ਛੋਟੇ ਦੁਕਾਨਦਾਰ, ਛੋਟੇ ਕਿਸਾਨਾਂ ਦੇ ਬੱਚਿਆਂ ਦੀ ਫ਼ੀਸ ਮੁਆਫ਼ ਹੋ ਸਕਦੀ ਹੈ, ਪਰ ਸਰਕਾਰ ਸਕੀਮ ਨੂੰ ਪੋਰਟਲ ਉੱਪਰ ਨਹੀਂ ਲਿਆ ਰਹੀ । ਉਨ੍ਹਾਂ ਕਿਹਾ ਕਿ ਲੜਕੀਆਂ ਦੀ ਫ਼ੀਸ ਮੁਆਫ਼ ਕੀਤੀ ਜਾਵੇ, ਕਿਉਂਕਿ ਜਥੇਬੰਦੀ ਵਲੋਂ ਲੰਮੇ ਸਮੇਂ ਤੋਂ ਇਹ ਮੰਗ ਉਠਾਈ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਵੀ ਕੀਤਾ ਗਿਆ ਸੀ ਅਤੇ ਵਿਧਾਨ ਸਭਾ ਵਿਚ ਵੀ ਇਸ ਸਬੰਧੀ ਬਿੱਲ ਲਿਆਂਦਾ ਗਿਆ, ਪਰ ਇਸ ਨੂੰ ਅਜੇ ਤੱਕ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਬਜਟ ਵਿਚ ਕੋਈ ਰਾਸ਼ੀ ਲੜਕੀਆਂ ਲਈ ਰੱਖੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਇਤਿਹਾਸਿਕ ਇਮਾਰਤਾਂ ਜਿਵੇਂ ਫ਼ਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਦੇ ਸਾਥੀਆਂ ਦਾ ਗੁਪਤ ਟਿਕਾਣਾ, ਤੂੜੀ ਬਾਜ਼ਾਰ, ਜਲਿ੍ਹਆਂਵਾਲਾ ਬਾਗ਼, ਕੋਟਲਾ ਨਿਹੰਗ ਖ਼ਾਨ ਦੀ ਇਮਾਰਤ ਰੋਪੜ ਜੋ ਕਿ ਸੰਘਰਸ਼ ਦੀਆਂ ਪ੍ਰਤੀਕ ਹਨ ਅਤੇ ਇਨ੍ਹਾਂ ਤੋਂ ਨੌਜਵਾਨ ਪੀੜ੍ਹੀ ਕਾਫ਼ੀ ਕੁਝ ਸਿੱਖ ਸਕਦੀ ਹੈ । ਪਰ ਸਰਕਾਰ ਵਲੋਂ ਇਨ੍ਹਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ , ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪੁਰਾਤਨ ਇਮਾਰਤਾਂ ਦੀ ਸੰਭਾਲ ਕਰਕੇ ਉੱਥੇ ਮਿਊਜ਼ੀਅਮ ਅਤੇ ਲਾਇਬ੍ਰੇਰੀ ਬਣਾਈ ਜਾਵੇ , ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਜਲਦੀ ਨਾ ਮੰਨਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ । ਇਸ ਮੌਕੇ ਰਾਜਵਿੰਦਰ ਸਿੰਘ ਖੋਖਰ, ਸਤਨਾਮ ਸਿੰਘ, ਜਸਪ੍ਰੀਤ ਕੌਰ, ਗੁਰਦਿੱਤ ਸਿੰਘ, ਸੁਖਬੀਰ ਕੌਰ, ਗੁਰਮੀਤ ਸਿੰਘ, ਤਨਵੀਰ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ ।