ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ 'ਗਰੁੱਪ ਲੀਡਰ' ਵਜੋਂ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਰਾਜ ਸਭਾ 'ਚ ਅਕਾਲੀ ਦਲ ਦੇ ਗਰੁੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉੁਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਕੱਲ ਹੀ ਭੇਜ ਦਿੱਤਾ ਸੀ। ਦੱਸਣਯੋਗ ਹੈ ਕਿ ਬੀਤੇ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਸਾਲ 29 ਸਤੰਬਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਉਨ੍ਹਾਂ ਨੇ ਅਸਤੀਫਾ ਦੇਣ ਦਾ ਕਾਰਨ ਆਪਣੀ ਖਰਾਬ ਰਹਿੰਦੀ ਸਿਹਤ ਨੂੰ ਦੱਸਿਆ ਸੀ। ਢੀਂਡਸਾ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਕਾਫੀ ਚਰਚਾ ਰਹੀ ਸੀ। ਸੁਖਦੇਵ ਸਿੰਘ ਢੀਂਡਸਾ ਅਪ੍ਰੈਲ, 2010 ਤੋਂ ਅਕਾਲੀ ਦਲ ਵਲੋਂ ਰਾਜ ਸਭਾ ਮੈਂਬਰ ਚੱਲੇ ਆ ਰਹੇ ਹਨ ਅਤੇ ਮੌਜੂਦਾ ਮੈਂਬਰੀ ਉਨ੍ਹਾਂ ਦਾ ਦੂਜਾ ਕਾਰਜਕਾਲ ਹੈ, ਜੋ ਕਿ 2022 'ਚ ਖਤਮ ਹੋਵੇਗਾ।