ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਦੇਸ਼ ‘ਚ ਕੋਰੋਨਾ ਵਾਇਰਸ ਸੰਕਟ ਕਾਰਨ ਲਾਕਡਾਊਨ ਲਾਗੂ ਹੈ ਅਤੇ ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਾਕਡਾਊਨ ਕਾਰਨ ਪਿਛਲੇ ਲਗਭਗ ਦੋ ਮਹੀਨਿਆਂ ਬਾਅਦ ਵੀ ਪ੍ਰਵਾਸੀ ਕਾਮੇ ਘਰ ਜਾਣ ਲਈ ਤਰਸ ਰਹੇ ਹਨ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ।
ਸੁਪਰੀਮ ਕੋਰਟ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ ਅੰਦਰ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜਿਆ ਜਾਵੇ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਹਲਫ਼ਨਾਮਾ ਮੰਗਿਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸੂਬਾ ਸਰਕਾਰਾਂ ਵੱਲੋਂ 15 ਦਿਨਾਂ ‘ਚ ਬਾਕੀ ਬਚੇ ਹੋਏ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਤੱਕ ਭੇਜਿਆ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਸ਼੍ਰਮਿਕ ਟਰੇਨਾਂ ਵਧੇਰੇ ਚਲਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਯਾਤਰਾ ਲਈ ਅਪਲਾਈ ਕਰਨ ਦੇ 24 ਘੰਟਿਆਂ ਅੰਦਰ ਹੀ ਟਰੇਨ ਮਿਲ ਜਾਵੇ। ਸੁਪਰੀਮ ਕੋਰਟ ਨੇ ਸੂਬਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਸਕੀਮ ਬਣਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਪ੍ਰਵਾਸੀ ਕਾਮਿਆਂ ਵਿਰੁੱਧ ਲਾਕਡਾਊਨ ਦੇ ਨਿਯਮ ਤੋੜਨ ਦੇ ਦੋਸ਼ ‘ਚ ਦਰਜ ਸਾਰੀਆਂ ਸ਼ਿਕਾਇਤਾਂ ਅਤੇ ਮੁਕੱਦਮਿਆਂ ਨੂੰ ਵਾਪਸ/ਰੱਦ ਕਰਨ ਲਈ ਕਿਹਾ ਹੈ।