ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਿੰਡ ਥਾਂਦੇਵਾਲਾ ਵਿਖੇ ਸੁਵਿਧਾ ਕੈਂਪ ਦਾ ਆਯੋਜਨ

ਸ਼੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤਾਂ ਲਈ ਸਮੇਂ-ਸਮੇਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ.ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਥਾਂਦੇਵਾਲਾ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਇਹਨਾਂ ਵਾਅਦਿਆਂ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਵਿਸ਼ਵਾਸ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਸੁਵਿਧਾ ਕੈਂਪ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ,ਅੰਗਹੀਣ, ਆਸਰਿਤ ਅਤੇ ਵਿਧਵਾਵਾਂ ਦੀ ਪੈਨਸ਼ਨ ਸੰਬੰਧੀ ਦਸਤਾਵੇਜ਼ ਭਰੇ ਜਾ ਰਹੇ ਹਨ। ਇਸ ਸੁਵਿਧਾ ਕੈਂਪ ਵਿੱਚ ਲੇਬਰ ਵਿਭਾਗ, ਸਿਹਤ ਵਿਭਾਗ,ਪੇਂਡੂ ਵਾਟਰ ਸਪਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਨਿਆਂ ਅਧਿਕਾਰਿਤਾ ਵਿਭਾਗ ਨੇ ਵੀ ਭਾਗ ਲਿਆ। Author: Malout Live