ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ- ਡਾ. ਬਲਜੀਤ ਕੌਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਸੰਬੰਧੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵੱਲੋਂ ਮਹੀਨਾ ਦਸੰਬਰ 2023 ਦੇ ਅੰਤ ਤੱਕ 218652 ਮਰੀਜਾਂ ਨੂੰ ਚੈੱਕ ਕੀਤਾ ਗਿਆ ਅਤੇ 89353 ਮਰੀਜ਼ਾਂ ਦੇ ਮੁਫਤ ਲੈਬ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੌਕੇ ਤੇ ਹੀ ਮਰੀਜ਼ਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। Author: Malout live