ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ - ਡਾ. ਨਵਜੋਤ ਕੌਰ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਜਲਦ ਹੀ ਜ਼ਿਲ੍ਹੇ ਵਿੱਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵੱਲੋਂ ਹੁਣ ਤੱਕ 1,95,927 ਮਰੀਜ਼ਾਂ ਨੇ ਚੈਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 82,825 ਮਰੀਜ਼ਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੌਕੇ ਤੇ ਹੀ ਮਰੀਜ਼ਾਂ ਦਾ ਚੈਕਅੱਪ ਕਰਕੇ ਉਨ੍ਹਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 09:00 ਵਜੇ ਤੋਂ ਦੁਪਿਹਰ 03:00 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਾਜ਼ਿਰ ਸਨ। Author: Malout Live