ਆਰ.ਸੇਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲਿਆ ਜਾਇਜ਼ਾ
ਮਲੋਟ/ਸ਼੍ਰੀ ਮੁਕਤਸਰ ਸਾਹਿਬ:- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਪਾਲ ਸਿੰਘ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਪੱਧਰ ਆਰ.ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਰ.ਸੇਟੀ ਦੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਅਤੇ ਹੁਨਰਮੰਦ ਬਨਾਉਣ ਲਈ ਵੱਧ ਤੋਂ ਵੱਧ ਸਿਖਲਾਈ ਦਿੱਤੀ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜੋ ਵੀ ਲੋੜਵੰਦ ਸਿਖਲਾਈ ਪ੍ਰਾਪਤ ਕਰ ਲੈਂਦਾ ਹੈ, ਉਸਨੂੰ ਆਪਣਾ ਖੁਦ ਦਾ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿੱਚ ਸਹਾਇਤਾ ਕੀਤੀ ਜਾਵੇ। ਇਸ ਦੌਰਾਨ ਆਰ.ਸੇਟੀ (ਸਟੇਟ ਬੈਂਕ ਆਫ ਇੰਡੀਆਂ) ਕੋਟਭਾਈ ਦੇ ਡਾਇਰੈਕਟਰ ਸੁਰਿੰਦਰ ਸਿੰਘ ਢੱਲਾ ਨੇ ਦੱਸਿਆ ਕਿ ਉਹਨਾਂ ਦੀ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਕੋਟਭਾਈ ਵੱਲੋਂ ਬੇਰੋਜ਼ਗਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 223 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਦੀ ਸੰਸਥਾ ਦਾ ਮੁੱਖ ਟੀਚਾ 630 ਸਿਖਿਆਰਥੀਆਂ ਨੂੰ ਚਾਲੂ ਵਰ੍ਹੇ ਦੌਰਾਨ ਸਿਖਲਾਈ ਦੇਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਸੰਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ। Author: Malout Live