ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਘੇਰਾਂਗੇ ਦੇਸ਼ ਭਰ ਵਿੱਚ ਰਾਜ ਭਵਨ
ਮਲੋਟ (ਪੰਜਾਬ): ਦਿੱਲੀ ਕਿਸਾਨ ਮੋਰਚੇ ਨੂੰ ਦੋ ਸਾਲ ਹੋ ਗਏ ਹਨ। ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨ ਇਕੱਠੇ ਹੋ ਕੇ ਰਾਜ ਭਵਨ ਤੱਕ ਮਾਰਚ ਕਰਨਗੇ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 14 ਨਵੰਬਰ 2022 ਨੂੰ ਦਿੱਲੀ ਵਿਖੇ ਹੋਵੇਗੀ। ਗੌਰਤਲਬ ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਵਿਰੁੱਧ ਵੱਡਾ ਅੰਦੋਲਨ ਛੇੜ ਦਿੱਤਾ ਸੀ।
ਕਿਸਾਨਾਂ ਦੀ ਏਕਤਾ ਦੇ ਮੱਦੇਨਜ਼ਰ ਇਹ ਹੁਣ ਤੱਕ ਦਾ ਇਤਿਹਾਸਕ ਅੰਦੋਲਨ ਰਿਹਾ ਹੈ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਿਸ ਲੈ ਲਏ ਸਨ। ਇਸੇ ਦੇ ਚੱਲਦੇ ਸੰਯੁਕਤ ਮੋਰਚੇ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਆਨਲਾਈਨ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਾਰੇ ਰਾਜਾਂ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਤਿਆਰੀਆਂ ਸੰਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। Author: Malout Live