ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਨੇ ਕੀਤੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫ਼ਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। ਇਸ ਕੈਂਪ ਵਿੱਚ ਕੈਬਿਨਟ ਮੰਤਰੀ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ।
ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿੰਡ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਝੂਲੇ ਅਤੇ ਹੋਰ ਖੇਡਣ ਦਾ ਸਮਾਨ ਮੁਹੱਈਆ ਕਰਵਾਉਣ ਸੰਬੰਧੀ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਅਤੇ ਉਨ੍ਹਾਂ ਵੱਲੋਂ ਜਲਦ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਲੋਕ ਸੁਵਿਧਾ ਕੈਂਪ ਵਿੱਚ ਡਾ. ਬਲਜੀਤ ਕੌਰ ਨੇ ਲੋਕਾਂ ਦੀਆਂ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਦਾ ਵੀ ਨਿਰੀਖਣ ਕੀਤਾ। ਇਸ ਪ੍ਰੋਗਰਾਮ ਦੌਰਾਨ ਡਾ. ਬਲਜੀਤ ਕੌਰ ਨੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅਤੇ ਪਿੰਡ ਦੀਆਂ ਦੇ ਗਲੀਆਂ ਵਿੱਚ ਇੰਟਰਲੋਕ ਟਾਈਲਾਂ ਲਗਵਾਉਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਕੈਂਪ ਵਿੱਚ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਸ. ਕੁਲਵਿੰਦਰ ਸਿੰਘ ਫ਼ਕਰਸਰ ਬਲਾਕ ਪ੍ਰਧਾਨ, ਸ. ਜਗਤਾਰ ਸਿੰਘ, ਸ. ਗੁਰਮੀਤ ਸਿੰਘ, ਸ. ਲਖਵਿੰਦਰ ਸਿੰਘ, ਸ.ਰੇਸ਼ਮ ਸਿੰਘ ਸਰਕਲ ਇੰਚਾਰਜ ਮੌਜੂਦ ਸਨ। Author : Malout Live