ਕੇਂਦਰ ਸਰਕਾਰ ਨੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਕੀਤਾ ਇਨਕਾਰ

ਮਲੋਟ: ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਵਿੱਤੀ ਝਟਕਾ ਦਿੰਦਿਆਂ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਂਹ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਨਾਲ ਪੰਜਾਬ ਦੇ ਦੇਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ ਸਕਦੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ ਪਰ ਕੇਂਦਰ ਨੇ ਇਹ ਫੰਡ ਦੇਣ ਤੋਂ ਅਜੇ ਨਾਂਹ ਕਰ ਦਿੱਤੀ ਹੈ।                                    

ਪੰਜਾਬ ਸਰਕਾਰ ਨੇ ਕੇਂਦਰ ਦੇ ਇਸ ਰਵੱਈਏ ਦਾ ਵਿਰੋਧ ਕੀਤਾ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਫੰਡ ਰੋਕਣਾ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਉੱਤੇ ਸਿੱਧਾ ਹਮਲਾ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਕੇਂਦਰ ਦੀ ਸ਼ਰਤਾਂ ਅਨੁਸਾਰ ਦਿਹਾਤੀ ਵਿਕਾਸ ਐਕਟ ਵਿੱਚ ਕਾਨੂੰਨ ਮੁਤਾਬਿਕ ਸੋਧ ਕੀਤੀ ਗਈ ਸੀ ਕਿ ਆਰ.ਡੀ.ਐੱਫ ਦਾ ਪੈਸਾ ਕਿਸੇ ਹੋਰ ਕੰਮ ਲਈ ਨਹੀਂ ਵਰਤਿਆ ਜਾਵੇਗਾ। ਇਹ ਫੰਡ ਜਿਸ ਲਈ ਨਿਰਧਾਰਿਤ ਹੈ, ਉਹਨਾਂ ਕੰਮਾਂ ਵਿੱਚ ਵਰਤਿਆ ਜਾਵੇਗਾ। ਉਹਨਾਂ ਕਿਹਾ ਕਿ ਫੰਡ ਨਾਲ ਹੀ ਮੰਡੀਕਰਨ ਦਾ ਢਾਂਚਾ ਮਜ਼ਬੂਤ ਹੁੰਦਾ ਹੈ। Author: Malout Live