ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਸਖਤ ਹਦਾਇਤਾਂ- ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਕੀਤੀ ਜਾਵੇਗੀ ਇੰਨ-ਬਿੰਨ ਪਾਲਣਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਈ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੇਕਰ ਵਿਅਕਤੀ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਪਾਇਆ ਜਾਵੇਗਾ, ਤਾਂ ਉਸਦੇ ਖਿਲਾਫ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਬੱਤ ਦੇ ਭਲੇ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਅਸੀਂ ਵਾਤਾਵਰਨ ਦਾ ਨੁਕਸਾਨ ਤਾਂ ਕਰਦੇ ਹੀ ਹਾਂ ਨਾਲ ਹੀ ਅਸੀਂ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਨੂੰ ਘੱਟ ਕਰਕੇ ਉਸਨੂੰ ਬੰਜਰ ਕਰਨ ਦੇ ਦੋਸ਼ੀ ਵੀ ਬਣਦੇ ਹਾਂ।

ਇਸ ਤਰਾਂ ਹੌਲੀ-ਹੌਲੀ ਸਾਡੀ ਜਮੀਨ ਦੀ ਤਾਕਤ ਘੱਟਦੀ ਜਾਵੇਗੀ ਅਤੇ ਅਸੀਂ ਇਸ ਤੋਂ ਫਸਲਾਂ ਨਹੀਂ ਲੈ ਪਾਵਾਂਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਦਿੱਤਾ ਜਾਵੇ ਤਾਂ ਪਰਾਲੀ ਜਮੀਨ ਵਿੱਚ ਜੈਵਿਕ ਮਾਦੇ ਦੇ ਵਾਧੇ ਦਾ ਕੰਮ ਕਰਦੀ ਹੈ ਅਤੇ ਜਮੀਨ ਦੀ ਤਾਕਤ ਵੱਧਦੀ ਹੈ ਅਤੇ ਚੰਗੀ ਉੱਪਜ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਪਿੰਡਾਂ ਵਿੱਚ ਮਸ਼ੀਨਾਂ ਉਪਲਬੱਧ ਹਨ। ਕਿਸਾਨ ਕਿਰਾਏ ਤੇ ਮਸ਼ੀਨਾਂ ਵੀ ਲੈ ਸਕਦੇ ਹਨ। ਇਸ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਲਈ ਜਾ ਸਕਦੀ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ, ਸ਼੍ਰੀ ਕੁਲਵੰਤ ਰਾਏ ਐੱਸ.ਪੀ, ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐੱਮ ਗਿੱਦੜਬਾਹਾ, ਡਾ. ਸੰਜੀਵ ਕੁਮਾਰ ਐੱਸ.ਡੀ.ਐੱਮ ਮਲੋਟ, ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਜਿਲ੍ਹੇ ਦੇ ਬਲਾਕ ਤੇ ਪੰਚਾਇਤ ਅਫਸਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਤਾਇਨਾਤ ਕੀਤੇ ਨੋਡਲ ਅਤੇ ਕਲੱਸਟਰ ਅਧਿਕਾਰੀ ਮੌਜੂਦ ਸਨ। Author: Malout Live