ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਭਲੇਰੀਆਂ ਵਿੱਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਪਿੰਡ ਭਲੇਰੀਆਂ ਵਿਖੇ ਕੈਂਪ ਲਗਾ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਉਦੇਸ਼ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨਾ ਹੈ ਅਤੇ ਪਿੰਡਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਨਿਬੇੜਾ ਕਰਨਾ ਹੈ ਤਾਂ ਜੋ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਲਾਭ ਲੈਣ ਉਹਨਾਂ ਨੇ ਪਿੰਡ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਕਾਰਡ ਜ਼ਰੂਰ ਬਣਵਾਉਣ ਤਾਂ ਜੋ ਕਿਸੇ ਵੀ ਸਿਹਤ ਸਮੱਸਿਆ ਮੌਕੇ ਉਹਨਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲ ਸਕੇ। ਇਸ ਮੌਕੇ ਪਿੰਡ ਦੇ ਲੋਕਾਂ ਨੇ ਸਾਂਝੀਆਂ ਸਮੱਸਿਆਵਾਂ ਅਤੇ ਨਿੱਜੀ ਵੱਖ-ਵੱਖ ਦਫ਼ਤਰਾਂ ਨਾਲ ਸੰਬੰਧਿਤ ਮੁਸ਼ਕਿਲਾਂ ਪੇਸ਼ ਕੀਤੀਆਂ।
ਜਿਸ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕਰਨ ਦੇ ਨਿਰਦੇਸ਼ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ। ਡਿਪਟੀ ਕਮਿਸ਼ਨਰ ਵੱਲੋਂ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਵਿੱਚ ਜਿਨਾਂ ਲੋਕਾਂ ਦੇ ਪਖਾਨੇ ਬਣਾਉਣ ਵਾਲੇ ਰਹਿੰਦੇ ਹਨ ਉਸ ਸੰਬੰਧੀ ਸਰਵੇਖਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਪਿੰਡ ਵਿੱਚ ਸਾਂਝੀ ਥਾਂ ਤੇ ਲਗਾਈਆਂ ਜਾਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਆਪਣੀ ਵਿਭਾਗਾ ਦੀਆਂ ਲੋਕ ਕਲਿਆਣਕਾਰੀ ਸਕੀਮਾਂ ਦੀ ਜਾਣਕਾਰੀ ਪਿੰਡਾਂ ਦੇ ਲੋਕਾਂ ਨੂੰ ਦਿੱਤੀ ਗਈ। ਇਸ ਮੌਕੇ ਐੱਸ.ਡੀ.ਐੱਮ ਡਾ. ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਜਸਵਿੰਦਰ ਕੌਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੁਰਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜਸਵੰਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਿਰ ਸਨ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ ਜਿਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਉਨ੍ਹਾਂ ਦੇ ਪਿੰਡ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਭੇਜੇ। Author: Malout Live