ਡਿਪਟੀ ਕਮਿਸ਼ਨਰ ਨੇ ਪਿੰਡ ਸੱਕਾਂਵਾਲੀ ਵਿਖੇ ਪਿੰਡ ਵਾਸੀਆਂ ਦੀਆਂ ਸੁਣੀਆ ਸਮੱਸਿਆਵਾਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਇਸ ਪਿੰਡ ਵਿਖੇ “ਸਰਕਾਰ ਤੁਹਾਡੇ ਦੁਆਰ” ਤਹਿਤ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਮੁਸ਼ਕਿਲਾਂ ਸੁਣਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਪਿੰਡ ਸੱਕਾਂਵਾਲੀ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਸੱਕਾਂਵਾਲੀ ਦੇ ਵਸਨੀਕਾਂ ਦੀਆਂ ਬਿਜਲੀ, ਪਾਣੀ, ਪੈਨਸ਼ਨਾਂ, ਲਾਭਪਾਤਰੀ ਨਾਲ ਸੰਬੰਧਿਤ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਹਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਪਿੰਡ ਵਾਸੀ ਕਿਸੇ ਕਾਰਨਾਂ ਕਰਕੇ ਸਰਕਾਰੀ ਦਫਤਰਾਂ ਵਿੱਚ ਪਹੁੰਚ ਨਹੀਂ ਕਰ ਪਾਉਂਦੇ ਅਤੇ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ 'ਸਰਕਾਰ ਤੁਹਾਡੇ ਦੁਆਰ ਤਹਿਤ' ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਿੱਚ ਬਣੇ ਪਾਰਕ ਅਤੇ ਝੀਲ ਦਾ ਵੀ ਦੌਰਾ  ਕੀਤਾ ਅਤੇ ਪਿੰਡ ਦੇ ਸੁੰਦਰੀਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਪਿੰਡਾਂ ਨੂੰ ਇਸ ਪਿੰਡ ਤੋਂ ਸੇਧ ਲੈ ਕੇ ਸਾਫ਼-ਸਫਾਈ ਤੇ ਨਵੀਨੀਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਸ਼੍ਰੀ ਹਰਿੰਦਰਪਾਲ ਸਿੰਘ ਬੇਦੀ, ਸ਼੍ਰੀ ਗੁਰਵਿੰਦਰ ਸਿੰਘ ਵਿਰਕ, ਸਰਪੰਚ ਚਰਨਜੀਤ ਸਿੰਘ, ਗੋਪੀ ਸੰਧੂ, ਹਰਦੀਪ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਿਰ ਸਨ। Author: Malout Live