ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਲੋਟ: ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਿਲ੍ਹਾ ਹੜ੍ਹ ਕੰਟਰੋਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਸ਼੍ਰੀਮਤੀ ਸਰੋਜ ਰਾਣੀ ਜਿਲ੍ਹਾ ਮਾਲ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਤੇ ਕੰਟਰੋਲ ਕਰਨ ਲਈ ਸਾਰੀਆਂ ਡਰੇਨਾਂ ਦੀ ਸਫਾਈ 10 ਜੁਲਾਈ ਤੋਂ ਪਹਿਲਾਂ-ਪਹਿਲਾਂ
ਮੁਕੰਮਲ ਕਰ ਲਈ ਜਾਵੇ ਤਾਂ ਜੋ ਬਰਸਾਤੀ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਜਿਲ੍ਹਾ ਦੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇ ਅਤੇ ਜੋ ਛੱਪੜਾਂ ਵਿੱਚ ਪਾਣੀ ਮੌਜੂਦ ਹੈ, ਇਸ ਪਾਣੀ ਦੀ ਨਿਕਾਸੀ ਕੀਤੀ ਜਾਵੇ ਅਤੇ ਛੱਪੜਾਂ ਤੇ ਜੋ ਮੋਟਰਾਂ ਲੱਗੀਆਂ ਹਨ, ਚਾਲੂ ਹਾਲਤ ਵਿੱਚ ਰੱਖੀਆਂ ਜਾਣ ਤਾਂ ਜੋ ਬਰਸਾਤ ਦੌਰਾਨ ਪਿੰਡ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਸੰਬੰਧਿਤ ਕਾਰਜ ਸਾਧਕ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਸੀਵਰੇਜਾਂ ਦੇ ਮੈਨ ਹੋਲਾਂ ਦੀ ਸਫਾਈ ਨੂੰ ਨਿਰੰਤਰ ਰੱਖਿਆ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੇ ਕੰਟਰੋਲ ਰੱਖਣ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। Author: Malout Live