ਜਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ’ਤੇ ਲਗਾਈ ਪਾਬੰਦੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਬਣਾਏ ਗਏ

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ-ਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 30 ਮਾਰਚ 2024 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author: Malout Live