ਸਿਹਤ ਮੰਤਰੀ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜ਼ਿਲ੍ਹਾ ਦਫਤਰ ਦਾ ਕੀਤਾ ਗਿਆ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜਿਲ੍ਹਾ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਲਈ ਸਿਰ ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ 15 ਸੇਵਾ ਕੇਂਦਰਾਂ ਦੇ ਮਾਰਫਤ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ 400 ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਸ ਤੋਂ ਬਿਨ੍ਹਾਂ ਲਗਭਗ 100 ਪ੍ਰਕਾਰ ਦੀਆਂ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ 43 ਪ੍ਰਕਾਰ ਦੀਆਂ ਸੇਵਾਵਾਂ ਲੋਕ ਫੋਨ ਨੰਬਰ 1076 ਤੇ ਕਾਲ ਕਰਕੇ ਘਰ ਬੈਠੇ ਸਰਕਾਰੀ ਨੁਮਾਇੰਦਾ ਬੁਲਾ ਕੇ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰ. ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਜਿਲ੍ਹਾ ਦਫਤਰ ਸ਼ੁਰੂ ਹੋਣ ਨਾਲ ਸਰਕਾਰੀ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ। ਇਸ ਮੌਕੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਡਾ. ਨਯਨ, ਐੱਸ.ਡੀ.ਐੱਮ ਸ਼੍ਰੀ ਕੰਵਰਜੀਤ ਸਿੰਘ ਮਾਨ ਅਤੇ ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਵੀ ਕਈ ਅਫ਼ਸਰ ਅਤੇ ਸਟਾਫ਼ ਹਾਜਰ ਸਨ। Author : Malout Live