ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐੱਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਜਿਆਦਾ ਤੋਂ ਜਿਆਦਾ ਮਤਦਾਨ ਯਕੀਨੀ ਬਣਾਉਣ ਲਈ ਜਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਸਵੀਪ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਵਿੱਚ ਚੋਣ ਕਮਿਸ਼ਨ ਨੇ ਮਤਦਾਨ ਦੌਰਾਨ ਵੋਟ ਪ੍ਰਤੀਸ਼ਤ ਵਧਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਲੇ ਬੀ.ਐੱਲ.ਓਜ਼ ਲਈ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐੱਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐੱਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਹਰੇਕ ਵੋਟਰ 1 ਜੂਨ ਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰੇ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਅਧਿਕਾਰ ਹੀ ਨਹੀਂ ਸਗੋਂ ਫਰਜ ਵੀ ਹੈ ਕਿ ਅਸੀਂ ਆਪਣੇ ਵੋਟ ਹੱਕ ਦਾ ਇਸਤੇਮਾਲ ਕਰੀਏ। Author : Malout Live