ਜੰਗਲਾਤ ਮੁਲਾਜ਼ਮਾਂ ਨੇ ਤਨਖਾਹ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਸ਼੍ਰੀ ਮੁਕਤਸਰ ਸਾਹਿਬ:-  ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਣ ਰੇਂਜ ਦਫਤਰ ਸ਼੍ਰੀ ਮੁਕਤਸਰ ਸਾਹਿਬ ਦੇ ਮੂਹਰੇ ਮੰਡਲ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ। ਇਸ ਮੌਕੇ ਮਲੋਟ ਰੇਂਜ ਦੇ ਮੱਖਣ ਸਿੰਘ ਅਤੇ ਜਤਿੰਦਰ ਸਿੰਘ, ਲੰਬੀ ਰੇਂਜ ਦੇ ਗੁਰਮੇਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੰਗਲਾਤ ਵਰਕਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ ਸਗੋਂ ਉਨ੍ਹਾਂ ਦੀਆਂ ਤਨਖਾਹਾਂ ਰੋਕ ਕੇ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਪੰਜ ਮਹੀਨੇ ਬਿਨਾਂ ਤਨਖਾਹ ਤੋਂ ਗੁਜ਼ਾਰਾ ਕਰਨ ਬਾਰੇ ਕੱਚੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਨੂੰ ਨਾ ਤਾਂ ਸਰਕਾਰ ਦੇ ਨੁਮਾਇੰਦੇ ਸਮਝ ਸਕਦੇ ਹਨ ਅਤੇ ਨਾ ਹੀ ਵਿਭਾਗ ਦੇ ਅਧਿਕਾਰੀ। ਉਨ੍ਹਾਂ ਇਹ ਵੀ ਕਿਹਾ ਕੇ ਕਈ ਮੁਲਾਜ਼ਮ ਵੀਹ-ਵੀਹ ਸਾਲ ਤੋਂ ਕੱਚੇ ਮੁਲਾਜ਼ਮ ਦੇ ਤੌਰ ਤੇ ਕੰਮ ਕਰ ਰਹੇ ਹਨ ਪਰ ਹਾਲੇ ਤਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਹੈ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਪੱਕੇ ਕਰਨ ਦੇ ਵੱਡੇ-ਵੱਡੇ ਬੋਰਡ ਲਾਏ ਗਏ ਹਨ ਪਰ ਅਸਲੀਅਤ ਵਿੱਚ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਹਾਲੇ ਵੀ ਜਾਰੀ ਹੈ। ਆਗੂਆਂ ਨੇ ਦੱਸਿਆ ਕਿ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੀਨੀਆਰਤਾ ਸੂਚੀਆਂ ਨੂੰ ਸਮੇਂ ਸਿਰ ਅਪਡੇਟ ਨਹੀਂ ਕੀਤਾ ਜਾਂਦਾ। ਆਗੂਆਂ ਨੇ ਇਸ ਮੌਕੇ ਐਲਾਨ ਕੀਤਾ ਕਿ 10 ਸਤੰਬਰ ਨੂੰ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ, ਛਿੰਦਾ ਸਿੰਘ, ਤਿਰਲੋਕ ਸਿੰਘ, ਗੁਰਦੇਵ ਸਿੰਘ, ਕ੍ਰਿਸ਼ਨ ਕੁਮਾਰ, ਗੁਰਤੇਜ ਸਿੰਘ ਆਦਿ ਹਾਜ਼ਿਰ ਸਨ। ਇਸ ਮੌਕੇ ਵਣ ਰੇਂਜ ਅਫਸਰ ਹਰਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਪਵਨ ਕੁਮਾਰ ਹਾਜ਼ਿਰ ਸਨ। Author: Malout Live