ਸਿਹਤ ਵਿਭਾਗ ਵੱਲੋਂ ਤੀਬਰ ਮਿਸ਼ਨ ਇੰਦਰਧਨੁਸ਼ ਮੁਹਿੰਮ ਦੇ ਤੀਜੇ ਰਾਊਂਡ ਦੀ ਪਿੰਡ ਬੂੜਾ ਗੁੱਜਰ ਦੇ ਆਂਗਣਵਾੜੀ ਸੈਂਟਰ ਤੋਂ ਕੀਤੀ ਸ਼ੁਰੂਆਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਰੂਟੀਨ ਟੀਕਾਕਰਨ ਦੌਰਾਨ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਮੁਕੰਮਲ ਕਰਨ ਲਈ ਤੀਬਰ ਮਿਸ਼ਨ ਇੰਦਰਧਨੁਸ਼ ਦੀ ਵਿਸ਼ੇਸ਼ ਮੁਹਿੰਮ 3 ਰਾਊਂਡਾਂ ਵਿੱਚ ਚਲਾਈ ਜਾ ਰਹੀ ਹੈ। ਜਿਸ ਦਾ ਪਹਿਲਾ ਰਾਊਂਡ 11 ਸਤੰਬਰ ਤੋਂ 16 ਸਤੰਬਰ ਤੱਕ ਅਤੇ ਦੂਜਾ ਰਾਊਂਡ 9 ਅਕਤੂਬਰ ਤੋਂ 14 ਅਕਤੂਬਰ ਤੱਕ ਚਲਾਇਆ ਗਿਆ ਸੀ ਅਤੇ ਇਸ ਦਾ ਤੀਜਾ ਅਤੇ ਆਖਰੀ ਰਾਊਂਡ ਅੱਜ ਤੋਂ 24 ਨਵੰਬਰ ਤੱਕ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤੀਜੇ ਰਾਊਂਡ ਦੀ ਸ਼ੁਰੂਆਤ ਅੱਜ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਅਤੇ ਡਾ. ਕੁਲਤਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚ ਸੀ.ਐੱਚ.ਸੀ ਚੱਕ ਸ਼ੇਰੇਵਾਲਾ ਵੱਲੋਂ ਪਿੰਡ ਬੂੜਾ ਗੁੱਜਰ ਦੇ ਆਂਗਣਵਾੜੀ ਸੈਂਟਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਤੋਂ ਕੀਤੀ ਗਈ। ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ਼੍ਹਾ ਟੀਕਾਕਰਨ ਅਫਸਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਨਿਯਮਿਤ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਿਲ੍ਹੇ ਅੰਦਰ ਤਿੰਨ ਗੇੜਾਂ ਵਿੱਚ ਇੱਕ-ਇੱਕ ਹਫ਼ਤਾ ਚਲਾਈ ਜਾ ਰਹੀ ਹੈ ਅਤੇ ਇਸ ਮਿਸ਼ਨ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ 100 ਪ੍ਰਤੀਸ਼ਤ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਗਰਭਵਤੀਆਂ ਅਤੇ ਨਵ-ਜਨਮੇਂ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਤੀਜਾ ਗੇੜ ਅੱਜ ਤੋਂ 24 ਨਵੰਬਰ 2023 ਤੱਕ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਟੀਕਾਕਰਨ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ-ਸੈਂਟਰਾਂ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਨ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ ਵਾਲੇ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੋਰਾਨ ਟੀਕਾਕਰਨ ਕੀਤੇ ਗਏ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਐਂਟਰੀ ਭਾਰਤ ਸਰਕਾਰ ਦੇ ਟੀਕਾਕਰਨ ਪ੍ਰੋਗਰਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਪੋਰਟਲ ਤੇ ਆਨਲਾਇਨ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਇਸ ਦਾ ਮੁਕੰਮਲ ਸਰਟੀਫਿਕੇਟ ਅਤੇ ਰਿਕਾਰਡ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਪ੍ਰੀਤ ਸਿੰਘ ਸੀ.ਐੱਚ.ਓ, ਵਿਵੇਕ ਕੁਮਾਰ, ਸਰਵਰਨਜੀਤ ਕੌਰ, ਗੁਰਵਿੰਦਰ ਕੌਰ ਮ.ਪ.ਹ.ਵ ਫੀਮੇਲ, ਪਰਮਜੀਤ ਕੌਰ, ਅਰਸ਼ਵੀਰ ਕੌਰ ਆਸ਼ਾ ਵਰਕਰ, ਸ਼ਿੰਦਰਪਾਲ ਕੌਰ ਆਂਗਣਵਾੜੀ ਵਰਕਰ ਹਾਜ਼ਿਰ ਸਨ। Author: Malout Live