ਸਿਹਤ ਵਿਭਾਗ ਵੱਲੋਂ ਮਿਲਾਵਟੀ ਦੁੱਧ ਵੇਚਣ ਤੋਂ ਰੋਕਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ- ਡਾ. ਰੰਜੂ ਸਿੰਗਲਾ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪਿਛਲੇ ਸਮੇਂ ਵਿੱਚ ਪਸ਼ੂਆਂ ਵਿੱਚ ਫੈਲੀ ਬਿਮਾਰੀ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧਣ ਦਾ ਸ਼ੰਕਾ ਹੋ ਸਕਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 26 ਅਗਸਤ ਤੱਕ ਰੋਜ਼ਾਨਾ ਦੁੱਧ ਦੇ ਸੈਂਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਇਸ ਸੰਬੰਧ ਵਿੱਚ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਫੂਡ ਸੇਫਟੀ ਟੀਮ ਵੱਲੋਂ ਅੱਜ ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਅਰੀਆਂ ਅਤੇ ਦੋਧੀਆਂ ਤੋਂ 10 ਦੁੱਧ ਦੇ ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਦੁੱਧ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟ ਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੀ ਅਭਿਨਵ ਤ੍ਰਿਖਾ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨੀਸਟ੍ਰੇਟਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੁੱਧ ਦੀ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਸ਼ੁੱਧ ਦੁੱਧ ਮਿਲ ਸਕੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਹਨਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਸ ਸੰਬੰਧੀ ਅੱਜ ਅਮ੍ਰਿਤਪਾਲ ਸਿੰਘ ਸਹਾਇਕ ਕਮਿਸ਼ਨਰ ਫੂਡ ਅਤੇ ਅਭਿਨਵ ਖੋਸਲਾ ਫੂਡ ਸੇਫਟੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਡੇਅਰੀਆਂ ਅਤੇ ਦੋਧੀਆਂ ਪਾਸੋਂ ਦੁੱਧ ਦੀ ਜਾਂਚ ਕੀਤੀ ਗਈ ਅਤੇ ਸ਼ੱਕ ਦੇ ਅਧਾਰ ਦੁੱਧ ਦੇ 10 ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। Author: Malout Live