ਝਬੇਲਵਾਲੀ ਦੇ ਨੌਜਵਾਨਾਂ ਵੱਲੋਂ ਕੀਤੀ ਗਈ ਹੜ੍ਹ ਪੀੜਿਤਾਂ ਦੀ ਮੱਦਦ

ਮਲੋਟ:- ਪਿਛਲੇ ਸਮੇਂ ਭਾਰੀ ਮੀਂਹ ਕਾਰਨ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਸੀ। ਬਹੁਤ ਸਾਰੇ ਗ਼ਰੀਬ ਲੋਕਾਂ ਦੇ ਘਰ ਡਿੱਗ ਪਏ, ਜਿਸ ਕਰਕੇ ਉਨ੍ਹਾਂ ਨੂੰ ਖੁੱਲ੍ਹੇ ਆਕਾਸ਼ ਹੇਠਾਂ ਪੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਹਰੇ ਚਾਰੇ ਦੀ ਫ਼ਸਲ ਖ਼ਰਾਬ ਹੋਣ ਕਰਕੇ ਪਸ਼ੂ-ਡੰਗਰਾਂ ਨੂੰ ਭੁੱਖੇ ਮਰਨ ਦੀ ਨੌਬਤ ਆ ਗਈ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ, ਯੂਥ ਵਿੰਗ ਦੇ ਸੂਬਾ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਰਣਜੀਤ ਸਿੰਘ ਝਬੇਲਵਾਲੀ ਨੇ ਦੱਸਿਆ ਕਿ ਭਾਵੇਂ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਹੜ੍ਹ ਪੀੜਿਤਾਂ ਦੀ ਮੱਦਦ ਲਈ ਕੋਈ ਵੀ ਜ਼ਿਕਰਯੋਗ ਉਪਰਾਲਾ ਨਹੀਂ ਕੀਤਾ,

ਪਰ ਇਸ ਮੁਸੀਬਤ ਦੀ ਘੜੀ ਵਿੱਚ ਪਿੰਡ ਝਬੇਲਵਾਲੀ ਦੇ ਨੌਜਵਾਨ ਹੜ੍ਹ ਪੀੜਿਤ ਲੋਕਾਂ ਦੀ ਮੱਦਦ ਲਈ ਅੱਗੇ ਆਏ ਹਨ। ਪਿੰਡ ਝਬੇਲਵਾਲੀ ਤੋਂ ਪਸ਼ੂਆਂ ਦੇ ਹਰੇ ਚਾਰੇ ਦੀਆਂ ਟਰਾਲੀਆਂ ਭਰ-ਭਰ ਕੇ ਪਾਣੀ ਦੀ ਮਾਰ ਹੇਠਾਂ ਆਏ ਪਿੰਡਾਂ ਵੱਲ ਭੇਜੀਆਂ ਜਾ ਰਹੀਆਂ ਹਨ। ਇਸ ਮੌਕੇ ਜਸਮਨ ਸਿੰਘ ਭੁੱਲਰ, ਦਿਲਬਾਗ ਸਿੰਘ ਭੁੱਲਰ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਲੋਕਾਂ ਨੂੰ ਨਾਲ ਲੈ ਕੇ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮੱਦਦ ਲਈ ਲਗਾਤਾਰ ਉਪਰਾਲੇ ਕਰਦੇ ਰਹਿਣਗੇ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖ਼ਰਾਬ ਹੋਈ ਫ਼ਸਲਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਤੀ ਏਕੜ ਚਾਲੀ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਮੁੱਚੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਿਤ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਲਈ ਅੱਗੇ ਆਇਆ ਜਾਵੇ। Author: Malout Live