ਪੰਜਾਬ 'ਚ ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

ਮਲੋਟ (ਪੰਜਾਬ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ। ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਿਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸੰਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮੱਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। Author: Malout Live