ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਜ਼ਰੂਰਤ- ਡਾ. ਤੇਜਵੰਤ ਸਿੰਘ ਢਿੱਲੋਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਬਠਿੰਡਾ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ।

ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਾਮਾਨ ਗਰਮ ਹੋ ਜਾਂਦਾ ਹੈ ਜਿਸ ਨੂੰ ਲੂਅ ਲੱਗਣਾ ਕਹਿੰਦੇ ਹਨ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ 'ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ, ਜਿਵੇਂ ਕਿ ਜ਼ਿਆਦਾ ਮਿਰਚ-ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੂਲਰ ਜਾਂ ਏ.ਸੀ ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ, ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ , ਓ.ਆਰ.ਐੱਸ ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਏਰੀਆ ਵਿੱਚ ਸਿਹਤ ਸਟਾਫ਼ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। Author : Malout Live