District NewsHealthIndia NewsMalout NewsPunjab

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੀਤੀ ਤਿਆਰੀ

ਮਲੋਟ (ਪੰਜਾਬ): ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸੰਬੰਧਿਤ ਗੰਭੀਰ ਬਿਮਾਰੀ (ਆਈ.ਐਲ.ਆਈ/ਐੱਸ.ਏ.ਆਰ.ਆਈ) ਜਿਵੇਂ ਕਿ ਕੋਵਿਡ-19 ਸੰਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਲੋੜੀਂਦੇ ਬੈੱਡਾਂ ਅਤੇ ਵੈਂਟੀਲੇਟਰਾਂ ਤੋਂ ਇਲਾਵਾ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਪੀ.ਪੀ.ਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦੀ ਉੱਪਲਬਧਤਾ ਅਤੇ ਢੁੱਕਵੇਂ ਪ੍ਰਬੰਧਾਂ ਨਾਲ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸਹੂਲਤਾਂ ਵਿੱਚ ਲੋੜੀਂਦੇ ਡਾਕਟਰ ਅਤੇ ਮੈਡੀਕਲ ਸਟਾਫ਼ ਮੌਜੂਦ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਆਕਸੀਜਨ ਪਲਾਂਟ ਅਤੇ ਐਮਰਜੈਂਸੀ ਸਿਸਟਮ ਸਰਗਰਮ ਹਨ। ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਪਰ ਬਾਵਜੂਦ ਇਸਦੇ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਵਾਰ-ਵਾਰ ਹੱਥ ਧੋਣ ਅਤੇ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਖਾਸ ਤੌਰ ’ਤੇ ਜਿੰਨ੍ਹਾਂ ਦੀ ਇਮਿਊਨਟੀ ਘੱਟ ਹੈ (ਇਮਿਊਨੋਕੰਪਰੋਮਾਈਜ਼ਡ) ਜਾਂ ਜਿੰਨ੍ਹਾਂ ਨੂੰ ਕੋਵਿਡ ਦੇ ਲੱਛਣ ਜਿਵੇਂ ਜ਼ੁਕਾਮ ਜਾਂ ਖੰਘ ਹਨ, ਨੂੰ ਆਪਣਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਜਦੋਂ ਤੱਕ ਕੋਈ ਜ਼ਰੂਰੀ ਕੰਮ ਨਾ ਹੋਵੇ, ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

Author: Malout Live

Back to top button