ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਦੇ ਰਹੀ ਹੈ ਵਿਸ਼ੇਸ਼ ਤਰਜੀਹ- ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ
ਮਲੋਟ (ਲੰਬੀ): ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਹਲਕੇ ਦੇ ਪਿੰਡ ਫਤੂਹੀ ਖੇੜਾ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਇਹ ਜਾਣਕਾਰੀ ਦਿੱਤੀ। ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪਿੰਡ ਵਿੱਚ 40 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮ ਪਿੰਡ ਦੇ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਨਾਲ ਹੀ ਵਧੀਆ ਕਾਰਗੁਜ਼ਾਰੀ ਲਈ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਵੀ ਪਿੰਡ ਵਾਸੀਆਂ ਨੂੰ ਸੌਂਪਿਆਂ।
ਇਸ ਮੌਕੇ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਘਰਾਂ ਨੂੰ 600 ਯੁਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਨਾਲ 85 ਫੀਸਦ ਤੋਂ ਜਿਆਦਾ ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਲਈ ਇਸ ਮਹਿੰਗਾਈ ਦੇ ਸਮੇਂ ਵਿੱਚ ਵੱਡੀ ਰਾਹਤ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਹੋ ਰਿਹਾ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਵੀ ਆਪਣੇ ਤਰਜੀਹੀ ਖੇਤਰ ਬਣਾਏ ਗਏ ਹਨ ਅਤੇ ਜਿੱਥੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਉਥੇ ਹੀ ਆਮ ਆਦਮੀ ਕਲੀਨਿਕਾਂ ਦੇ ਰਾਹੀਂ ਲੋਕਾਂ ਨੂੰ ਪਿੰਡ ਪੱਧਰ ਤੇ ਹੀ ਚੰਗੇ ਅਤੇ ਮਿਆਰੀ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। Author: Malout Live