ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਕੀਤਾ ਵੱਡਾ ਐਲਾਨ
ਮਲੋਟ (ਪੰਜਾਬ): ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਅਹਿਮ ਫੈਂਸਲਾ ਲਿਆ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪ੍ਰਿੰਟ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਝੋਨੇ ਦੀ ਪਰਾਲੀ ਜਲਾਉਣ ਤੋਂ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁੱਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਂਸਲਾ ਕੀਤਾ ਹੈ।
ਖੇਤੀਬਾੜੀ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ। ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸੰਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ’ਚ ਹੋਣ ਵਾਲੀਆਂ ਸਾਰੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ’ਚ ਰਹਿਣ ਲਈ ਕਿਹਾ। Author: Malout Live