ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਸ਼ਲਾਘਾਯੋਗ-ਹਨੀ ਫੱਤਣਵਾਲਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਕਰੀਬ 14 ਜ਼ਿਲ੍ਹੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਔਖੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਕਰਕੇ ਸ਼ਲਾਘਾਯੋਗ ਭੂਮਿਕਾ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਅਤੇ ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ।

ਪਸ਼ੂਆਂ ਲਈ ਤੂੜੀ ਤੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਜਿਥੇ ਸਾਰੇ ਪਾਸੇ ਲੰਗਰਾਂ ਦਾ ਪ੍ਰਬੰਧ ਕਰ ਰਹੀ ਹੈ, ਉੱਥੇ ਰਾਹਤ ਟੀਮਾਂ ਲੋਕਾਂ ਨੂੰ ਪਾਣੀ ਵਿਚ ਡੁੱਬਣ ਤੋਂ ਬਚਾਉਣ ਲਈ ਉਪਰਾਲੇ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹਾਇਤਾ ਲਈ ਆਉਣ ਵਾਲੇ ਸਮੇਂ 'ਚ ਝੋਨਾ ਲਾਉਣ ਲਈ ਝੋਨੇ ਦੀ ਪਨੀਰੀ ਵੀ 52 ਕਿੱਲਿਆਂ ਵਿਚ ਬੀਜ ਰਹੀ ਹੈ, ਤਾਂ ਜੋ ਹੜ੍ਹ ਪੀੜਤਾਂ ਨੂੰ ਮੁਫ਼ਤ ਵਿੱਚ ਪਨੀਰੀ ਸਪਲਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖ ਤੋਂ ਫ਼ੇਲ੍ਹ ਸਾਬਿਤ ਹੋ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫ਼ੌਰੀ ਤੌਰ 'ਤੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਸ਼ੀ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹ ਪੀੜਤਾਂ ਦੀ ਪੂਰੀ ਮਦਦ ਕਰ ਰਹੇ ਹਨ। Author: Malout Live