ਡੇਂਗੂ ਤੋਂ ਬਚਣ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਪਾਣੀ ਵਾਲੇ ਬਰਤਨਾਂ ਨੂੰ ਸਾਫ ਕੀਤਾ ਜਾਵੇ: ਜਿਲ੍ਹਾ ਐਪੀਡੀਮੋਲੋਜਿਸਟ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹੇ ਵਿੱਚ ਡੇਂਗੂ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹੇ ਵਿੱਚ ਡੇਂਗੂ ਦੇ ਰੋਜ਼ਾਨਾ ਨਵੇਂ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਜਿਲ੍ਹੇ ਵਿੱਚ ਕੇਸਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਵੱਧ ਰਹੇ ਡੇਂਗੂ ਦੇ ਕੇਸਾਂ ਨੂੰ ਰੋਕਣ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਤੋਂ ਸੱਤਿਅਮ ਪੈਲੇਸ ਕਲੋਨੀ,ਗਊਸ਼ਾਲਾ ਵਾਲਾ ਏਰੀਆ ਵਿਖੇ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਖੜੇ ਪਾਣੀ ਵਿੱਚ ਬੀ.ਟੀ.ਆਈ ਅਤੇ ਟੈਮੀਫਾਸ ਸਪਰੇਅ ਕੀਤੀ ਗਈ। ਜਿਸ ਨਾਲ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਅਪੀਲ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ”

ਮੁਹਿੰਮ ਵਿਚ ਭਾਗ ਲੈਂਦੇ ਹੋਏ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ,ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜ੍ਹਨ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,ਜਾਲੀਦਾਰ ਕਮਰਿਆਂ ਵਿੱਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ। ਇਸ ਸੰਬੰਧ ਵਿੱਚ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ,ਸਿਰ ਦਰਦ,ਅੱਖਾਂ,ਜੋੜਾਂ ਅਤੇ ਸਰੀਰ ਵਿੱਚ ਦਰਦ,ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜਸਕਰਨ ਸਿੰਘ,ਗੁਰਪਿੰਦਰ ਸਿੰਘ,ਜਗਮੀਤ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ। Author: Malout Live