ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜਰੂਰੀ- ਖੇਤੀਬਾੜੀ ਅਫ਼ਸਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਜਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ।
ਪ੍ਰੰਤੂ ਕੁੱਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ ’ਤੇ ਰਜਿਸਟਰਡ ਹੋਣ ਦੀ ਆਖ਼ਰੀ ਮਿਤੀ 24 ਜੂਨ 2024 ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrisubsidy.agrimachinerypb.com/#/dsr-registration ’ਤੇ 24 ਜੂਨ 2024 ਤੱਕ ਦਰਜ਼ ਕਰਵਾ ਲੈਣ, ਤਾਂ ਜੋ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। Author : Malout Live