ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਪਾਹ ਪੱਟੀ ‘ਚ ਰਹਿਣ ਦੇ ਹੁਕਮ ਜਾਰੀ -ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ

ਮਲੋਟ: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮੱਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨੀਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ। Author: Malout Live