ਪੰਜਾਬ 'ਚ ਗ਼ੈਰਕਾਨੂੰਨੀ ਮਾਈਨਿੰਗ ਰੋਕਣ ਲਈ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਸਖਤੀ ਵਰਤਣ ਦੇ ਹੁਕਮ
ਮਲੋਟ (ਪੰਜਾਬ): ਪੰਜਾਬ ਸਰਕਾਰ ਵੱਲੋਂ ਹੁਣ ਗ਼ੈਰਕਾਨੂੰਨੀ ਖਣਨ ਰੋਕਣ ਲਈ ਹੋਰ ਸਖ਼ਤੀ ਦੇ ਆਦੇਸ਼ ਦਿੱਤੇ ਗਏ ਹਨ।ਇਸ ਬਾਰੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਣਨ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਐਨਫੋਰਸਮੈਂਟ ਵਿੰਗ ਨੂੰ ਹਰ ਸਮੇਂ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਮੇਟੀ ਵੱਲੋਂ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ। ਖਣਨ ਸਾਈਟ ਵਾਲੇ ਜ਼ਿਲ੍ਹਿਆਂ ’ਚ ਖਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ
ਗ਼ੈਰਕਾਨੂੰਨੀ ਖਣਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਖਣਨ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਉਣ ਲਈ ਸੂਬੇ ’ਚ 55 ਜਨਤਕ ਖਣਨ ਸਾਈਟਾਂ ਨੂੰ ਚਲਾਉਣ ਤੋਂ ਬਾਅਦ ਹੁਣ 40 ਕਮਰਸ਼ੀਅਲ ਖਣਨ ਸਾਈਟਾਂ ਨੂੰ ਚਲਾਉਣ ਦੀ ਤਿਆਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੋ ਗਈ ਹੈ ਜਦ ਕਿ ਬਾਕੀਆਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਣਨ ਵਿਭਾਗ ਵੱਲੋਂ ਇੱਕ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਖਣਨ ਵਿਭਾਗ ਦੇ ਅਧਿਕਾਰੀ ਤੇ ਠੇਕੇਦਾਰਾਂ ਨੂੰ ਕਾਨੂੰਨੀ ਤੇ ਗ਼ੈਰਕਾਨੂੰਨੀ ਥਾਂ ਦੀ ਜਾਣਕਾਰੀ ਮਿਲ ਸਕੇਗੀ। Author: Malout Live