‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਬਰਕੰਦੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ ਤਹਿਤ ਉਪ-ਮੰਡਲ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਵਿਖੇ ਲੋਕ ਸੁਵਿਧਾ ਕੈਂਪ ਲੱਗਿਆ, ਜਿਸ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕ ਮਸਲਿਆਂ ਦਾ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਮਿਲਣ। ਇਸ ਦੇ ਲਈ ਲੋਕਾਂ ਨੂੰ ਦਫਤਰਾਂ ਵਿੱਚ ਜਾਣਾ ਨਾ ਪਵੇ ਸਗੋਂ ਦਫਤਰ ਪਿੰਡਾਂ ਵਿੱਚ ਚੱਲ ਕੇ ਆਉਣ। ਉਹਨਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ ਪਿੰਡ ਲਗਾਏ ਜਾ ਰਹੇ ਹਨ। ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ 43 ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਲਈ ਨਾਗਰਿਕ 1076 ਫੋਨ ਨੰਬਰ ’ਤੇ ਕਾਲ ਕਰਕੇ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦੇ ਹਨ। ਇਸ ਮੌਕੇ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਸਰਟੀਫਿਕੇਟ ਬਣਾ ਕੇ ਦਿੱਤੇ ਗਏ। ਇਸ ਮੌਕੇ ਬਲਾਕ ਪ੍ਰਧਾਨ ਜਸਦੀਪ ਸਿੰਘ ਲਾਡੀ, ਗੁਰਵੰਤ ਸਿੰਘ ਕਾਕਾ ਗਿੱਲ ਅਤੇ ਹੋਰ ਪਤਵੰਤੇ ਹਾਜ਼ਿਰ ਸਨ। Author: Malout Live