“ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਵਿੱਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਮਲੋਟ: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਵੱਲੋਂ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ “ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਅਤੇ ਆਸ-ਪਾਸ ਦੇ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿੱਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਇਸ ਸੰਬੰਧ ਵਿੱਚ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 123 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ ਨਵੇਂ ਕੇਸ ਰਿਪੋਰਟ ਹੋ ਰਹੇ ਹਨ। ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ

ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਚੱਲ ਰਹੇ ਸੀਜ਼ਨ ਅਤੇ ਬਰਸਾਤਾਂ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜਿਆਦਾ ਹੈ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਮਨੀਸ਼ ਕੁਮਾਰ, ਸ਼ਮਸ਼ੇਰ ਸਿੰਘ, ਸੰਦੀਪ ਕੁਮਾਰ, ਸ਼ਿਵਰਾਜ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ। Author: Malout Live