ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਚਿੱਬੜਾਂਵਾਲੀ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚਿੱਬੜਾਂਵਾਲੀ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਨਾ ਕੀਤਾ ਗਿਆ। ਇਸ ਬੱਸ ਵਿੱਚ 40 ਸ਼ਰਧਾਲੂ ਧਾਰਮਿਕ ਸਥਾਨ ਲਈ ਨਿਤਮਸਤਕ ਹੋਣਗੇ। ਇਸ ਮੌਕੇ ਤੇ ਸ਼੍ਰੀ ਜਤਿੰਦਰਪਾਲ ਸਿੰਘ, ਤਹਿਸੀਲਦਾਰ ਮਲੋਟ ਨੇ ਕਿਹਾ ਕਿ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਮਲੋਟ ਵਿੱਚੋਂ ਦੂਸਰੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ ਹੈ।
ਸੰਬੰਧਿਤ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਉਪਰੰਤ ਅਗਲੇ ਦਿਨ ਪਿੰਡ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ-ਸਹਿਣ ਅਤੇ ਖਾਣੇ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸ਼੍ਰੀ ਰਮੇਸ਼ ਕੁਮਾਰ ਦਫ਼ਤਰ ਇੰਚਾਰਜ ਆਮ ਆਦਮੀ ਪਾਰਟੀ (ਮਲੋਟ) ਨੇ ਕਿਹਾ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁੱਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ, ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਦਰਸ਼ਨ ਕਰ ਸਕਣਗੇ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਸ਼ੇਰੇਵਾਲਾ ਵੀ ਮੌਜੂਦ ਸਨ। Author: Malout Live