‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਸ. ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੇ ਕੈਂਪ ਦਾ ਲਿਆ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਫੱਤਣਵਾਲਾ ਅਤੇ ਵਧਾਈ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ, ਇਨ੍ਹਾਂ ਕੈਂਪਾਂ ਦੀ ਪ੍ਰਧਾਨਗੀ ਸ. ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਉਨ੍ਹਾਂ ਦੱਸਿਆ ਕਿ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ-ਖੁਆਰੀ ਤੋਂ ਰੋਕਣ ਲਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਲਈ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਦਫਤਰਾਂ ਵਿੱਚ ਆਉਣ ਦੀ ਬਜਾਏ ਸਰਕਾਰ ਖੁੱਦ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾ ਦਾ ਮੌਕੇ ’ਤੇ ਹੱਲ ਕੀਤਾ ਜਾ ਸਕੇ। ਸ. ਬਰਾੜ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ।

ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਕਾਕਾ ਬਰਾੜ ਨੇ ਕੈਂਪ ਦੌਰਾਨ ਦੱਸਿਆ ਕਿ ਆਯੋਜਨ ਹੋਣ ਵਾਲੇ ਕੈਂਪਾਂ ਵਿੱਚ ਸਰਕਾਰ ਵੱਲੋਂ 44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸੰਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸੰਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲਿਆ ਜਾਵੇ। Author: Malout Live