ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ

ਸ਼੍ਰੀ ਮੁਕਤਸਰ ਸਾਹਿਬ:-  ਸ਼੍ਰੀ ਅਮਨ ਅਰੋੜਾ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿ਼ਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਸ. ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਵਿਧਾਇਕ ਲੰਬੀ, ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸ਼੍ਰੀ ਸਚਿਨ ਗੁਪਤਾ ਐੱਸ.ਐੱਸ.ਪੀ,ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ।

ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਬਗ਼ੈਰ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸੰਬੰਧੀ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਜਿ਼ਲ੍ਹੇ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਉਣ। ਸੀਵਰੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਸੀਵਰੇਜ਼ ਦੀ ਸਮੱਸਿਆ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾਵੇ। ਰਾਜ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਗਰੀਬ ਅਤੇ ਲੋੜਵੰਦ ਵਿਅਕਤੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇ, ਉਹਨਾਂ ਕਿਹਾ ਜਿਹਨਾਂ ਖੇਤਾਂ ਵਿੱਚ ਬਰਸਾਤ ਨਾਲ ਨਰਮੇ ਦੀ ਫਸਲ ਖਰਾਬ ਹੋ ਗਈ ਹੈ, ਉਹਨਾਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਸਮਾਜਿਕ ਸੁਰੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਨੂੰ ਨਹਿਰੀ ਅਰਾਮ ਘਰ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਸ਼ਨ ਬਰਾੜ, ਵਰਿੰਦਰ ਢੋਸੀਵਾਲ ਅਤੇ ਹੋਰ ਆਗੂ ਮੌਜੂਦ ਸਨ। Author: Malout Live