ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪਾਂ ਦਾ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਲਿਆ ਗਿਆ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚ ਮਾਂ ਦੀ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਮੁਫ਼ਤ ਟੀਕਰਕਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਵਧਾਕੇ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ-ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ।
ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੀ ਇਸ ਕੈਂਪ ਵਿੱਚ ਮੌਜੂਦ ਸਨ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਂਕਿ ਜੇਕਰ ਕੁੱਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ, ਡਾ. ਸਿਮਰਦੀਪ ਕੌਰ ਔਰਤ ਰੋਗਾਂ ਦੇ ਮਾਹਿਰ, ਅਨੀਤਾ ਰਾਣੀ, ਗੁਰਮੇਲ ਕੌਰ ਅਤੇ ਕੇਵਲਪ੍ਰੀਤ ਕੌਰ ਹਾਜਰ ਸਨ। Author: Malout Live