ਕੋਰੋਨਾ ਵੈਕਸੀਨ ਦਾ ਟੀਕਾ ਨਾ ਲਗਵਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਹੋ ਸਕਦੀ ਹੈ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਮਲੋਟ:- ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਇਹ ਖਤਰਨਾਕ ਬਿਮਾਰੀ ਫੈਲ ਨਾ ਸਕੇ, ਇਹ ਜਾਣਕਾਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ ਇੱਕ ਬਹੁਤ ਹੀ ਖਤਰਨਾਕ ਮਹਾਂਮਾਰੀ ਹੈ ਅਤੇ ਇਸ ਬਿਮਾਰੀ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ 18 ਸਾਲ ਤੋੱ ਉੱਪਰ ਹਰ ਇੱਕ ਨਾਗਰਿਕ ਨੂੰ ਪਹਿਲਾ ਅਤੇ ਦੂਸਰਾ ਕੋਰੋਨਾ ਵੈਕਸੀਨ ਦਾ ਟੀਕਾ ਜਰੂਰ ਲਗਵਾ ਲੈਣਾ ਚਾਹੀਦਾ ਹੈ। ਉਹਨਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਹਨਾਂ ਨੇ ਅਜੇ ਤੱਕ ਕੋਰੋਨਾ ਵੈਕਸੀਨ ਦਾ ਪਹਿਲਾ ਅਤੇ ਦੂਸਰਾ ਟੀਕਾ ਨਹੀਂ ਲਗਵਾਇਆ ਤਾਂ ਉਹਨਾਂ ਨੂੰ ਜਲਦ ਇਹ ਟੀਕਾ ਲਗਵਾ ਲੈਣਾ ਚਾਹੀਦਾ ਹੈ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਵੈਕਸੀਨ ਦਾ ਟੀਕਾ ਨਾ ਲਗਵਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੋਕ ਸੰਪਰਕ ਦਫਤਰ ਅਤੇ ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਦੀ ਸ਼ਲਾਂਘਾ ਕੀਤੀ ਹੈ ਕਿ ਜਿਹਨਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਹਿਲਾ ਅਤੇ ਦੂਸਰਾ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ ਅਤੇ ਇਸ ਮਹਾਂਮਾਰੀ ਤੋਂ ਬਚਣ ਲਈ ਆਪਣੇ ਆਪ ਨੂੰ ਪਰਿਵਾਰਿਕ ਮੈਂਬਰਾਂ ਅਤੇ ਸਮਾਜ ਨੂੰ ਸੁਰੱਖਿਅਤ ਕੀਤਾ ਹੈ।