ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਕੀਤੇ ਜਾ ਰਹੇ ਹਨ ਯੋਗ ਉਪਰਾਲੇ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਕਾਰਪੋਰੇਸ਼ਨ ਵੱਲੋਂ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜਗਾਰ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣਾ ਸਵੈ-ਰੋਜ਼ਗਾਰ ਸਥਾਪਤ ਕਰਵਾ ਕੇ ਉਨਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਮੌਕੇ 'ਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਸ. ਸਾਧੂ ਸਿੰਘ ਧਰਮਸੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 550 ਲੱਖ ਰੁਪਏ ਦੇ ਕਰਜੇ ਵੰਡਣ ਦਾ ਟੀਚਾ ਮਿਥਿਆ ਗਿਆ ਸੀ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਸਟਾਫ ਦੀ ਮਿਹਨਤ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਥੇ 550 ਲੱਖ ਰੁਪਏ ਦੇ ਕਰਜੇ ਵੰਡਣ ਦਾ ਟੀਚਾ ਪ੍ਰਾਪਤ ਕੀਤਾ ਬਲਕਿ ਹੁਣ ਤੱਕ ਆਪਣੇ ਮਿਥੇ ਟੀਚੇ ਤੋਂ ਵੀ ਵੱਧ ਕੇ 541 ਲਾਭਪਾਤਰੀਆਂ ਦੇ 906.29 ਲੱਖ ਰੁਪਏ ਦੇ ਕਰਜ਼ੇ ਪਾਸ ਕੀਤੇ ਜਾ ਚੁੱਕੇ ਹਨ। ਇਸੇ ਲੜੀ ਤਹਿਤ ਕਾਰਪੋਰੇਸ਼ਨ ਵੱਲੋਂ ਰਾਜ ਪੱਧਰੀ ਸਮਾਰੋਹ ਕਰਕੇ ਲਾਭਪਾਤਰੀਆਂ ਨੂੰ ਕਰਜਾ ਮਨਜੂਰੀ ਪੱਤਰ ਵੰਡੇ ਜਾਣੇ ਸਨ ਪਰ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਸਮਾਗਮ ਨਾ ਕਰਨ ਦੀਆਂ ਹਦਾਇਤਾਂ ਕਾਰਨ ਇਹ ਮਨਜੂਰੀ ਪਤਰ ਜ਼ਿਲਾ ਪੱਧਰ 'ਤੇ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰਾਂ ਵਿਖੇ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਦੇ 45.41 ਕਰੋੜ ਰੁਪਏ ਦੇ ਕਰਜੇ ਮਾਫ ਕੀਤੇ ਹਨ ਜਿਸ ਨਾਲ ਸੂਬੇ ਦੇ 14 ਹਜ਼ਾਰ 270 ਲਾਭਪਾਤਰੀਆਂ ਨੂੰ ਲਾਹਾ ਪ੍ਰਾਪਤ ਹੋਇਆ ਹੈ। ਉਨਾਂ ਦੱਸਿਆ ਕਿ ਚਾਲੂ ਵਿਤੀ ਵਰੇ ਦੌਰਾਨ 579 ਲੱਖ ਰੁਪਏ ਦਾ ਕੇਂਦਰੀ ਹਿੱਸੇ ਦਾ ਸ਼ੇਅਰ ਕੈਪੀਟਲ ਅਤੇ 108 ਲੱਖ ਰੁਪਏ ਦਾ ਰਾਜ ਦੇ ਹਿੱਸੇ ਦੇ ਸ਼ੇਅਰ ਕੈਪੀਟਲ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਬੈੱਕ ਟਾਈ ਅਪ ਸਕੀਮ ਅਧੀਨ 150 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ।