ਵੱਖ-ਵੱਖ ਯੂਨੀਅਨਾਂ ਨੇ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਹੜਤਾਲ
ਮਲੋਟ:- ਕੇਂਦਰੀ ਟਰੇਡ ਯੂਨੀਅਨ ਅਤੇ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਤਹਿਤ ਕੌਮੀ ਫ਼ੈਡਰੇਸ਼ਨ ਅਤੇ ਬਿਜਲੀ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ । ਬਿਜਲੀ ਕਰਮਚਾਰੀਆਂ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ, ਗੌਰਮਿੰਟ ਟੀਚਰ ਯੂਨੀਅਨ, ਠੇਕਾ ਮੁਲਾਜ਼ਮ ਯੂਨੀਅਨ, ਜੰਗਲਾਤ ਵਰਕਰ ਯੂਨੀਅਨ ਵਲੋਂ ਸਾਂਝੇ ਤੌਰ ਤੇ ਰੋਸ ਵਜੋਂ ਗੇਟ ਰੈਲੀ ਕੀਤੀ ਗਈ ਅਤੇ ਕੇਂਦਰ ਸਰਕਾਰ ਦੀਆਂ ਆਰਥਿਕ ਅਤੇ ਸਨਅਤੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ । ਇਸ ਮੌਕੇ 'ਤੇ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਿਜਲੀ ਦੇ ਸਮੂਹ ਕੰਮਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਲਈ ਬਿਜਲੀ ਐਕਟ ਸੋਧ 2020 ਪਾਸ ਕੀਤਾ ਜਾ ਰਿਹਾ ਹੈ, ਰੈਗੂਲਰ ਭਰਤੀ ਕਰਨ ਦੀ ਥਾਂ ਨਿਗੂਣੀਆਂ ਤਨਖ਼ਾਹਾਂ ਰਾਹੀਂ ਕਾਮਿਆਂ ਦੀ ਲੁੱਟ ਕੀਤੀ ਜਾ ਰਹੀ ਹੈ, ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਸਰਕਾਰ ਮੁੱਕਰ ਰਹੀ ਹੈ, ਸਰਕਾਰੀ ਅਦਾਰੇ ਤੋੜੇ ਜਾ ਰਹੇ ਹਨ ਅਤੇ ਸਰਕਾਰ ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਨਾ ਰਹੀ ਹੈ, ਠੇਕਾ ਕਾਮਿਆਂ ਦੀ ਛਾਂਟੀ ਕੀਤੀ ਜਾ ਰਹੀ ਹੈ ਅਤੇ ਨਵੀਂ ਤੇ ਪੱਕੀ ਭਰਤੀ 'ਤੇ ਪੂਰਨ ਪਾਬੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਨੇ ਸਰਕਾਰ ਤੋਂ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਅਤੇ ਮੁਲਾਜ਼ਮ ਮਾਰੂ ਫ਼ੈਸਲੇ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਯੂਨੀਅਨਾਂ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।