ਤੇਲੰਗਾਨਾ ਦੀ ਤਰਜ਼ 'ਤੇ ਪੰਜਾਬ ਦੇ ਐੱਸ.ਸੀ ਅਤੇ ਬੀ.ਸੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ- ਡਾ. ਬਲਜੀਤ ਕੌਰ
ਮਲੋਟ (ਪੰਜਾਬ): ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐੱਸ.ਸੀ ਅਤੇ ਬੀ.ਸੀ ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇੰਨ੍ਹਾਂ ਵਰਗਾਂ ਨਾਲ ਸੰਬੰਧਿਤ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਦਿਨੀਂ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ ਸੂਬੇ ਦਾ ਦੌਰਾ ਕਰ ਚੁੱਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀ ਵਰਗ ਦੇ ਲੋਕਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਡਾ. ਬਲਜੀਤ ਕੌਰ ਨੇ ਤੇਲੰਗਾਨਾ ਸੂਬੇ ਦਾ ਦੌਰਾ ਕਰਕੇ ਉੱਥੋਂ ਦੇ ਸੀਨੀਅਰ ਅਧਿਕਾਰੀ, ਸਕੱਤਰ ਅਤੇ ਡਾਇਰੈਕਟਰਜ਼ ਨਾਲ ਮੀਟਿੰਗ ਕਰਕੇ ਵੱਖ-ਵੱਖ ਭਲਾਈ ਸਕੀਮਾ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਦੇ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ, ਡਾਇਰੈਕਟਰ ਜਸਪ੍ਰੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੀ ਦੌਰਾ ਕਰਨ ਵਾਲੀ ਟੀਮ ‘ਚ ਸ਼ਾਮਿਲ ਸਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਤੇਲੰਗਾਨਾ ਸੂਬੇ ਦੀਆਂ ਸਕੀਮਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਵਿੱਚ ਵੀ ਇਸੇ ਤਰਜ਼ ਤੇ ਸਕੀਮਾਂ ਲਾਗੂ ਕਰਨ ਲਈ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜਲੇ ਭਵਿੱਖ ਵਿੱਚ ਇਹ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਗਰੀਬ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦੇ ਕੇ ਆਤਮ ਨਿਰਭਰ ਬਣਾਇਆ ਜਾ ਸਕੇ। Author: Malout Live