ਸਿਹਤ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸੰਬੰਧ ਵਿੱਚ 20 ਜੂਨ ਤੋਂ 26 ਜੂਨ ਤੱਕ ਮਨਾਇਆ ਜਾ ਰਿਹਾ ਹੈ ਯੋਗ ਹਫ਼ਤਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ। ਜਿਸ ਦੇ ਤਹਿਤ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸੰਬੰਧ ਵਿੱਚ 20 ਜੂਨ ਤੋਂ 26 ਜੂਨ ਤੱਕ ਯੋਗ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਵੇਰੇ 8 ਵਜੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਸਿਵਲ ਹਸਪਤਾਲ ਅਤੇ ਸਿਵਲ ਸਰਜਨ ਦਫਤਰ ਦੇ ਸਟਾਫ ਵੱਲੋਂ ਭਾਗ ਲਿਆ ਜਾਵੇਗਾ ਅਤੇ ਜਿਲ੍ਹਿਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਸਟਾਫ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਇਸ ਹਫਤੇ ਦੋਰਾਨ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਘਰ-ਘਰ ਤੱਕ ਯੋਗ ਨੂੰ ਪਹੁੰਚਾਇਆ ਜਾ ਸਕੇ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ 9ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਮਿਤੀ 21 ਜੂਨ 2023 ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ।
ਅੰਤਰ ਰਾਸ਼ਟਰੀ ਯੋਗ ਦਿਵਸ ਇਸ ਸਾਲ ਦਾ ਥੀਮ “ਹਰ ਘਰ ਦੇ ਵੇਹੜੇ ਵਿੱਚ ਯੋਗ” ਹੈ ਅਤੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਹਰ ਘਰ ਵਿੱਚ ਯੋਗ ਨੂੰ ਲੈ ਕੇ ਜਾਣਾ ਹੈ। ਇਸ ਲਈ ਜਿਲ੍ਹੇ ਦੀਆਂ ਸਾਰੀਆਂ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਨੂੰ ਯੋਗ ਸੰਬੰਧੀ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਚੁੱਕੀ ਹੈ ਤਾਂ ਜੋ ਉਹ ਆਮ ਲੋਕਾਂ ਨੂੰ ਘਰ-ਘਰ ਜਾ ਕੇ ਯੋਗ ਦੀ ਮਹੱਤਤਾ ਬਾਰੇ ਜਾਗਰੂਕ ਕਰ ਅਤੇ ਯੋਗ ਕਰਵਾ ਸਕਣ। ਇਸ ਸੰਬੰਧ ਵਿੱਚ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਰੀਰਿਕ ਗਤੀਵਿਧੀਆਂ ਦੀ ਕਮੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਰੀਰ ਨੂੰ ਘੇਰ ਲੈਂਦੀਆਂ ਹਨ। ਬਿਮਾਰੀਆਂ ਤੋਂ ਬਚਣ ਲਈ ਸਵੇਰੇ ਇੱਕ ਘੰਟਾ ਯੋਗ ਅਭਿਆਸ ਜਾਂ ਸੈਰ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦੇ ਚੱਕਰ ਵਿੱਚ ਪੈਣ ਨਾਲੋਂ ਚੰਗਾ ਹੈ ਕਿ ਅਸੀਂ ਯੋਗ ਨੂੰ ਅਪਣਾ ਕੇ ਕੁਦਰਤੀ ਤੌਰ ਤੇ ਸਰੀਰ ਨੂੰ ਨਿਰੋਗ ਰੱਖੀਏ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਤੋਂ ਬਚਣ ਲਈ ਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਹੀ ਕਰਨਾ ਚਾਹੀਦਾ। ਰੋਜ਼ਾਨਾ ਜਿੰਦਗੀ ਵਿੱਚ ਹਰੀਆਂ ਸਬਜ਼ੀਆਂ, ਫਲ ਅਤੇ ਸੰਤੁਲਿਤ ਭੋਜਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ। Author: Malout Live